ਲੁਧਿਆਣਾ 15 ਫਰਵਰੀ (ਪਬਲਿਕ ਟਾਈਮਜ਼) ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ (ਗੋਪੀ) ਹਲਕਾ ਗਿੱਲ ਅਤੇ ਗੁਰਦੀਪ ਸਿੰਘ ਝਮੱਟ ਜਰਨਲ ਸਕੱਤਰ ਲੁਧਿਆਣਾ ਦਿਹਾਤੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਹੀ ਕਰਜ਼ਾ ਮੁਆਫ਼ੀ ਮਿਲੀ, ਜਿਸ ਕਾਰਨ ਕਿਸਾਨ ਇਕ ਵਾਰ ਫਿਰ ਆਪਣੀਆਂ ਹੱਕੀ ਮੰਗਾਂ ਲਈ ਅੰਦੋਲਨ ਕਰ ਰਹੇ ਹਨ, ਜਿਨ੍ਹਾਂ ਦੀ ਆਵਾਜ਼ ਨੂੰ ਜਾਣ-ਬੁੱਝ ਕੇ ਦਬਾਇਆ ਜਾ ਰਿਹਾ ਹੈ।ਦੋਨਾ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ ਪਰ ਮੋਦੀ ਸਰਕਾਰ ਪੰਜਾਬ ਦਿੱਲੀ ਬਾਡਰ ਉਤੇ ਬੈਰੀਕੇਡ ਲਾ ਕੇ ਉਨ੍ਹਾਂ ਦੇ ਰਾਹ ’ਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰੀਬ 2 ਸਾਲ ਪਹਿਲਾਂ ਵੀ ਕਿਸਾਨਾਂ ਨੇ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਬੀ ਲੜਾਈ ਲੜੀ ਸੀ, ਜਿਸ ’ਚ 700 ਦੇ ਕਰੀਬ ਸਾਡੇ ਕਿਸਾਨ ਵੀਰ ਸ਼ਹੀਦ ਹੋਏ ਸਨ। ਕਿਸਾਨਾਂ ਦੇ ਬੁਲੰਦ ਹੌਂਸਲੇ ਨੇ ਮੋਦੀ ਸਰਕਾਰ ਦੀ ਆਕੜ ਕੱਢ ਦਿੱਤੀ ਅਤੇ ਸਰਕਾਰ ਨੂੰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਅਸਲ ’ਚ ਕਿਸਾਨ ਵਿਰੋਧੀ ਹੈ ਤੇ ਆਪਣੇ ਸਰਮਾਏਦਾਰ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਕਿਸਾਨ ਜਥੇਬੰਦੀਆਂ ’ਚ ਫੁੱਟ ਪਾ ਕੇ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।