ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਪਬਲਿਕ ਟਾਈਮਜ਼) ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ।ਇਸ ਮੌਕੇ ਮਾਤ ਭਾਸ਼ਾ ਦਿਵਸ ਨਾਲ ਸਬੰਧਤ ਸਲੋਗਨ ਲਿਖਣ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਸਲੋਗਨ ਲਿਖਤ ਰਾਹੀਂ ਆਪਣੇ ਮਨ ਦੇ ਭਾਵਾਂ ਨੂੰ ਵਿਅਕਤ ਕੀਤਾ।ਇਸ ਮੌਕੇ ਤੇ ਪੰਜਾਬੀ ਸਾਹਿਤ ਸਭਾ ਦੇ ਮੈਂਬਰਾਂ ਅਤੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਵੱਲੋਂ ਰੋਜ਼ਾਨਾ ਦੇ ਕਾਰ ਵਿਵਹਾਰ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਵਫ਼ਾਦਾਰੀ ਦਾ ਅਹਿਦ ਵੀ ਲਿਆ ਗਿਆ । ਕਾਲਜ ਪ੍ਰਿੰਸੀਪਲ ਡਾ. ਰਾਣਾ ਬਲਜਿੰਦਰ ਕੌਰ ਜੀ ਨੇ ਮਾਂ ਬੋਲੀ ਦੀ ਮਹੱਤਤਾ ਬਾਰੇ ਕਿਹਾ ਕਿ ਬੇਸ਼ੱਕ ਅੱਜ ਦੇ ਸਮੇਂ ਵਿੱਚ ਦੂਸਰੀਆਂ ਭਾਸ਼ਾਵਾਂ ਨੂੰ ਸਿੱਖਣਾ ਸਾਕਾਰਾਤਮਕ ਰੱਵਈਆ ਹੈ ਪਰ ਸਾਨੂੰ ਕਦੇ ਵੀ ਆਪਣੀ ਮਾਂ ਬੋਲੀ ਨੂੰ ਵਿਸਾਰਨਾ ਨਹੀਂ ਚਾਹੀਦਾ ਕਿਉਂਕਿ ਮਨੁੱਖ ਆਪਣੇ ਜਜ਼ਬਾਤਾਂ ਅਤੇ ਸੂਖਮ ਅਹਿਸਾਸਾਂ ਨੂੰ ਆਪਣੀ ਮਾਂ ਬੋਲੀ ਰਾਹੀਂ ਵਧੇਰੇ ਸੰਵੇਦਨਸ਼ੀਲ ਤਰੀਕੇ ਨਾਲ ਪ੍ਰਗਟਾ ਸਕਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।